Skip to content
BibleKenya

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸਮੂ 8

ਇਸਰਾਏਲੀਆਂ ਦੁਆਰਾ ਇੱਕ ਰਾਜੇ ਦੀ ਮੰਗ

ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ। ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ। ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।

ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ, ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ। ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ। ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ। ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ। ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।

ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ। ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ। ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ, ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ, ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ। ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ। ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ1 ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ, ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!

ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ। ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ। ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ। ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।

Source notes (1)
  1. Footnote ਜਾਂ ਡੰਗਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.

Full source notice & licence · CC BY-SA 4.0 · SourceEdition imported 2026-10-25.

BibleKenya

Reader settings

Theme
Font
Alignment
Reading width

Saved in this browser and used offline too. Press ? for keyboard shortcuts.