ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
2 ਕੁਰਿੰਥੀ 11
ਪੌਲੁਸ ਅਤੇ ਝੂਠੇ ਰਸੂਲ
ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ! ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ। ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ। ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ! ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ। ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ। ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ? ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ। ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ। ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ। ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ। ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
ਪੌਲੁਸ ਦੁੱਖ ਝੱਲਣ ਉੱਤੇ ਘਮੰਡ ਕਰਦਾ ਹੈ
ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ। ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ। ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ। ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ। ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ। ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ। ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ। ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ। ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ। ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ। ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ, ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ। ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ। ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ। ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ। ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ. Copyright © 2017, 2019 Bridge Connectivity Solutions. Licensed under CC BY-SA 4.0. Source: eBible.org. Typeset from the source files; no intended changes to scripture wording. BibleKenya is not endorsed by the rights holder.
Full source notice & licence · CC BY-SA 4.0 · SourceEdition imported 2026-10-25.